Awaaz Qaum Di

ਜ਼ਿਲ੍ਹੇ ਵਿੱਚ ਲਾਏ ਜਾਣ ਵਾਲੇ ਰੁਜ਼ਗਾਰ ਮੇਲਿਆਂ ਦੌਰਾਨ ਸਵੈ ਰੁਜ਼ਗਾਰ ਲਈ ਮੁਹੱਈਆ ਕਰਵਾਏ ਜਾਣਗੇ ਕਰਜ਼ੇ :ਡੀ,ਸੀ ਡਾ. ਪ੍ਰਸ਼ਾਂਤ ਕੁਮਾਰ ਗੋਇਲ

ਫ਼ਤਹਿਗੜ੍ਹ ਸਾਹਿਬ :  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮੈਗਾ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 19 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਘਟ ਵਿਆਜ ਦਰ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ੍ਹਾਂ ਮੇਲਿਆਂ ਸਬੰੰਧੀ ਵੱਖ ਵੱਖ ਬੈਂਕਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਇਸ ਮੌਕੇ ਡਾ. ਗੋਇਲ ਨੇ ਕਿਹਾ ਕਿ ਰੁਜ਼ਗਾਰ ਮੇਲਿਆਂ ਦੌਰਾਨ ਬੈਂਕਾਂ ਵੱਲੋਂ ਆਪਣੇ ਸਟਾਲ ਲਾਏ ਜਾਣਗੇ, ਜਿਥੇ ਨੌਜਵਾਨ ਕਰਜ਼ੇ ਲਈ ਅਰਜ਼ੀ ਦੇ ਸਕਣਗੇ। ਉਨ੍ਹਾਂ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਇਨ੍ਹਾਂ ਸਟਾਲਾਂ ‘ਤੇ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ੇ ਮੁਹੱਈਆ ਕਰਵਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਹ ਰੁਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਤ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾ ਮੈਗਾ ਰੋਜ਼ਗਾਰ ਮੇਲਾ 19 ਅਤੇ 20 ਸਤੰਬਰ ਨੂੰ ਦੇਸ਼ ਭਗਤ ਯੂਨੀਵਰਸਿਟੀ,  ਮੰਡੀ ਗੋੋਬਿੰਦਗੜ੍ਹ ਵਿਖੇ ਲਗਾਇਆ ਜਾਵੇਗਾ ਜਦੋਂ ਕਿ 24 ਸਤੰਬਰ ਨੂੰ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ, 26, 27 ਅਤੇ 28 ਸਤੰਬਰ ਨੂੰ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਅਤੇ 30 ਸਤੰਬਰ ਨੂੰ ਕੋਰਡੀਆ ਕਾਲਜ, ਸੰਘੋਲ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦੌਰਾਨ ਸਵੈ ਰੁਜ਼ਗਾਰ ਲਈ ਮੁਹੱਈਆ ਕਰਵਾਏ ਜਾਣ ਵਾਲੇ ਕਰਜ਼ਿਆਂ ਸਦਕਾ ਨੌਜਵਾਨ ਆਪਣਾ ਕੰਮ ਕਾਰ ਸ਼ੁਰੂ ਕਰ ਕੇ ਆਪਣੇ ਪੈਰ ‘ਤੇ ਖੜ੍ਹੇ ਹੋ ਸਕਣਗੇ।  
ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨ ਸ਼ਮੂਲੀਅਤ ਕਰਨ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਅਰਵਿੰਦਰ ਕੌਰ, ਮਾਡਲ ਕਰੀਅਰ ਸੈਂਟਰ ਦੇ ਯੰਗ ਪ੍ਰੋਫੈਸ਼ਨਲ ਸ਼੍ਰੀ ਰਾਹੁਲ ਵੋਹਰਾ, ਲੀਡ ਬੈਂਕ ਮੈਨੇਜਰ ਜਸਵੰਤ ਸਿੰਘ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਮੈਨੇਜਰ ਸੰਜੀਵ ਕੁਮਾਰ, ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਸ੍ਰੀ ਮਾਨ ਮਹਿੰਦਰ ਸਿੰਘ,  ਫਾਇਨੈਂਸ਼ੀਅਲ ਲਿਟਰੇਸੀ ਤੇ ਕਰੈਡਿਟ ਕਾਊਂਸਲਰ ਸ਼੍ਰੀ ਸੁਰਿੰਦਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। BS

 

 

Follow me on Twitter

Contact Us