Awaaz Qaum Di

ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਬਾਰੇ ਕੀਤਾ ਜਾਵੇ ਜਾਗਰੂਕ ,ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਯੂਥ ਕਲੱਬਾਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ: ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਜ਼ਿਲ੍ਹੇ ਵਿੱਚ 19 ਸਤੰਬਰ ਤੋਂ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਬਾਰੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕਰ ਕੇ ਇਨ੍ਹਾਂ ਮੇਲਿਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਕਮ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਸ਼੍ਰੀ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੂਥ ਕਲੱਬਾਂ ਨਾਲ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੂਥ ਕਲੱਬ ਵੱਧ ਤੋਂ ਵੱਧ ਨੌਜਵਾਨਾਂ ਖਾਸ ਕਰ ਕੇ ਪਿੰਡਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਬਾਰੇ ਜਾਗਰੂਕ ਕਰਨ। ਇਸ ਕੰਮ ਲਈ ਯੂਥ ਕਲੱਬ ਪਿੰਡ ਦੀਆਂ ਸਾਂਝੀਆਂ ਥਾਵਾਂ ਉਤੇ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਕਈ ਨਾਮਵਰ ਕੰਪਨੀਆਂ ਸਮੇਤ ਵੱਖ ਵੱਖ ਕੰਪਨੀਆਂ 06 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ ਲੈ ਕੇ ਸ਼ਾਮਲ ਹੋਣਗੀਆਂ। ਇਸ ਦੇ ਨਾਲ ਨਾਲ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ਦਰ ‘ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਨੇ ਇਸ ਮੌਕੇ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦੇਣ ਲਈ ਪ੍ਰਕਾਸ਼ਿਤ ਕਰਵਾਏ ਪੋਸਟਰ ਵੀ ਸੌਂਪੇ ਤਾਂ ਜੋ ਇਨ੍ਹਾਂ ਪੋਸਟਰਾਂ ਨੂੰ ਸਾਂਝੀਆਂ ਥਾਵਾਂ ਉਤੇ ਲਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ਼੍ਰੀਮਤੀ ਅਰਵਿੰਦਰ ਕੌਰ, ਮਾਡਲ ਕਰੀਅਰ ਸੈਂਟਰ ਦੇ ਯੰਗ ਪ੍ਰੋਫੈਸ਼ਨਲ ਸ਼੍ਰੀ ਰਾਹੁਲ ਵੋਹਰਾ, ਕਰੀਅਰ ਕਾਊਂਸਲਰ ਅਨੁਜ ਦੱਤਾ, ਨਹਿਰੂ ਯੁਵਾ ਕੇਂਦਰ ਦੀ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ਼੍ਰੀਮਤੀ ਸ਼ੀਨੂੰ ਬਾਲਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਯੂਥ ਕਲੱਬਾਂ ਦੇ ਮੈਂਬਰ ਹਾਜ਼ਰ ਸਨ। BS

 

 

Follow me on Twitter

Contact Us