Awaaz Qaum Di

ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਰਕਾਰੀ ਵਿਭਾਗਾਂ ‘ਚ ਮਿਲੇਗਾ ‘ਵੀ.ਆਈ.ਪੀ ਟਰੀਟਮੈਂਟ’

* ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਵੱਲੋਂ ਨਿਵੇਕਲੀ ਪਹਿਲ
* 66 ਅਗਾਂਹਵਧੂ ਕਿਸਾਨਾਂ ਨੂੰ ਸੌਂਪੇ ‘ਵੀ.ਆਈ.ਪੀ ਕਾਰਡ’
* ਕਾਰਡ ਧਾਰਕਾਂ ਨੂੰ ਪਹਿਲ ਦੇ ਆਧਾਰ ‘ਤੇ ਮਿਲਣਗੀਆਂ ਵੱਖ-ਵੱਖ ਸਰਕਾਰੀ ਸੇਵਾਵਾਂ

ਸੰਗਰੂਰ (ਜਗਸੀਰ ਲੌਂਗੋਵਾਲ) ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਸੰਗਰੂਰ ਵਿੱਚ ਅਗਾਂਹਵਧੂ ਕਿਸਾਨਾਂ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਦੀ ਹੱਲਾਸ਼ੇਰੀ ਵਜੋਂ ਇਨ੍ਹਾਂ ਉਦਮੀ ਕਿਸਾਨਾਂ ਨੂੰ ‘ਵੀ.ਆਈ.ਪੀ ਕਾਰਡ’ ਜਾਰੀ ਕਰਨ ਦੀ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮਾਗਮ ਦੌਰਾਨ ਸ਼੍ਰੀ ਥੋਰੀ ਨੇ ਜ਼ਿਲ੍ਹੇ ਦੇ ਉਨ੍ਹਾਂ 66 ਕਿਸਾਨਾਂ ਨੂੰ ਇਹ ਕਾਰਡ ਜਾਰੀ ਕੀਤੇ ਹਨ, ਜਿਹੜੇ ਪਿਛਲੇ ਕਈ ਸਾਲਾਂ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਕੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਨ ਵਾਲੇ ਜ਼ਿਲ੍ਹੇ ਦੇ ਸਾਰੇ ਅਗਾਂਹਵਧੂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਇਹ ਕਾਰਡ ਜਾਰੀ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਾਂਹਵਧੂ ਕਿਸਾਨਾਂ ਨੂੰ ਵੀ.ਆਈ.ਪੀ ਕਾਰਡ ਜਾਰੀ ਕਰਨ ਦਾ ਮਨੋਰਥ ਅਜਿਹੇ ਕਿਸਾਨਾਂ ਦੇ ਸਮਾਜਿਕ ਕੱਦ ਨੂੰ ਉਚਾ ਕਰਨਾ ਹੈ, ਤਾਂ ਜੋ ਇਨ੍ਹਾਂ ਕਾਰਡਧਾਰਕਾਂ ਨੂੰ ਸਰਕਾਰੀ ਸੇਵਾਵਾਂ ਤਰਜੀਹ ਦੇ ਆਧਾਰ ‘ਤੇ ਮਿਲ ਸਕਣ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਇਨ੍ਹਾਂ ਦੀ ਦੇਣ ਨੂੰ ਮਹੱਤਵਪੂਰਨ ਮੰਨਦੇ ਹੋਏ ਸਰਕਾਰੀ ਦਫ਼ਤਰਾਂ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ-ਸੀਟੂ ਸੀ.ਆਰ.ਐਮ ਸਕੀਮ ਤਹਿਤ ਇਹ ਕਾਰਡ ਜਾਰੀ ਕੀਤਾ ਗਿਆ ਹੈ ਜੋ ਕਿ ਇੱਕ ਵਰ੍ਹੇ ਲਈ ਲਾਗੂ ਹੋਵੇਗਾ ਅਤੇ ਜਿਹੜੇ ਕਾਰਡਧਾਰਕ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਯੋਗ ਪ੍ਰਬੰਧਨ ਵਿੱਚ ਭਵਿੱਖ ਵਿੱਚ ਵੀ ਯੋਗਦਾਨ ਪਾਉਂਦੇ ਰਹਿਣਗੇ ਉਨ੍ਹਾਂ ਦੇ ਵੀ.ਆਈ.ਪੀ ਕਾਰਡ ਨਵਿਆ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਪਰਾਲੇ ਵਜੋਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਵਿਆਪਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਹੌਲੀ-ਹੌਲੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਰਗ ਨੂੰ ਅੱਗੇ ਵਧ ਕੇ ਸਰਕਾਰ ਦੇ ਇਸ ਉਦਮ ਨੂੰ ਪ੍ਰਫੁਲਿਤ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਫ਼ ਸੁਥਰੇ ਤੇ ਸਿਹਤਮੰਦ ਵਾਤਾਵਰਣ ਵਿੱਚ ਜੀਵਨ ਬਸਰ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਕੌਮੀ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਕਿਸਾਨ ਵੀਰ ਜੇ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਪਰਾਲੀ ਦੇ ਯੋਗ ਪ੍ਰਬੰਧਨ ਵਿੱਚ ਜ਼ਿਲ੍ਹਾ ਸੰਗਰੂਰ ਨੂੰ ਮੋਹਰੀ ਬਣਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਵੱਲੋਂ ‘ਵੀ.ਆਈ.ਪੀ ਕਾਰਡ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਫ਼ਖਰ ਮਹਿਸੂਸ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਇਸ ਮਾਣ-ਸਨਮਾਨ ਨੇ ਉਨ੍ਹਾਂ ਦੇ ਉਤਸ਼ਾਹ ਵਿੱਚ ਵਾਧਾ ਕੀਤਾ ਹੈ ਅਤੇ ਉਹ ਆਪਣੇ ਹੋਰ ਸਾਥੀ ਕਿਸਾਨਾਂ ਨੂੰ ਵੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕਰਨਗੇ। ਹਰਵਿੰਦਰ ਸਿੰਘ ਭੱਦਲਵੱਡ, ਪ੍ਰੀਤਮ ਸਿੰਘ ਪਲਾਸੋਰ, ਕੁਲਦੀਪ ਸ਼ਰਮਾ ਬਨਾਰਸੀ ਆਦਿ ਕਿਸਾਨਾਂ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਹੀ ਨਿਪਟਾਰੇ ਨਾਲ ਧਰਤੀ ਦਾ ਉਪਜਾਊ ਸ਼ਕਤੀ ਵਿੱਚ ਵਾਧਾ ਹੋਇਆ ਹੈ ਅਤੇ ਫ਼ਸਲ ਦਾ ਵਧੀਆ ਝਾੜ ਪੈਦਾ ਹੋਣ ਨਾਲ ਉਨ੍ਹਾਂ ਦੀ ਆਰਥਿਕਤਾ ਵੀ ਮਜ਼ਬੂਤ ਹੋਈ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਗਰੇਵਾਲ ਤੋਂ ਇਲਾਵਾ ਜ਼ਿਲ੍ਹੇ ਭਰ ਤੋਂ ਪੁੱਜੇ ਅਗਾਂਹਵਧੂ ਕਿਸਾਨ ਹਾਜ਼ਰ ਸਨ। MP


 

 

Follow me on Twitter

Contact Us