Awaaz Qaum Di

ਕੌਂਸਲਰ ਮਮਤਾ ਆਸ਼ੂ ਵੱਲੋਂ ਨਗਰ ਨਿਗਮ ਮੇਅਰ ਨੂੰ ਪੱਤਰ


ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਉੱਚ ਪੱਧਰੀ ਜਾਂਚ ਮੰਗੀ
ਕਿਹਾ! ਪਿਛਲੇ ਪੰਜ ਸਾਲਾਂ ਦੌਰਾਨ ਬਣੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਬਣੀ
ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਦੀ ਮੰਗ
ਲੁਧਿਆਣਾ (Harminder makkar)
ਵਾਰਡ ਨੰਬਰ 67 ਦੀ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਅੱਜ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਨੂੰ ਪੱਤਰ ਲਿਖ ਕੇ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਪੱਤਰ ਰਾਹੀਂ ਉਨ੍ਹਾਂ ਵਿਧਾਨ ਸਭਾ ਹਲਕਾ ਲੁਧਿਆਣਾ (ਪੱਛਮੀ) ਵਿੱਚ ਪਿਛਲੇ 5 ਸਾਲਾਂ ਦੌਰਾਨ ਬਣੀਆਂ ਸੜਕਾਂ ਬਾਰੇ ਮੁਕੰਮਲ ਜਾਣਕਾਰੀ ਦੀ ਵੀ ਮੰਗ ਕੀਤੀ ਹੈ।
ਸ੍ਰੀਮਤੀ ਆਸ਼ੂ ਨੇ ਦੋਸ਼ ਲਗਾਇਆ ਹੈ ਕਿ ਵਾਰਡ ਨੰਬਰ 82, 67, 70, 71 ਅਤੇ 68 ਦੀਆਂ ਕਈ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ਹੈ। ਇਨ੍ਹਾਂ ਸੜਕਾਂ ’ਤੇ ਜਾਂ ਤਾਂ ਠੇਕੇਦਾਰ ਨੇ ਸਹੀ ਮਿਕਦਾਰ ਅਤੇ ਗੁਣਵੱਤਾ ਵਾਲੀ ਸਮੱਗਰੀ ਹੀ ਨਹੀਂ ਵਰਤੀ ਜਾਂ ਫਿਰ ਨਗਰ ਨਿਗਮ ਅਧਿਕਾਰੀ ਉੱਚ ਗੁਣਵੱਤਾ ਵਾਲਾ ਕੰਮ ਕਰਾਉਣ ਵਿੱਚ ਅਸਫ਼ਲ ਰਹੇ।
ਉਨ੍ਹਾਂ ਕਿਹਾ ਕਿ ਹਾਲੇ ਮੌਨਸੂਨ ਆਉਣਾ ਹੈ ਪਰ ਸ਼ਹਿਰ ਦੀਆਂ ਕਈ ਮਹੱਤਵਪੂਰਨ ਸੜਕਾਂ ਪਹਿਲਾਂ ਹੀ ਟੁੱਟ ਚੁੱਕੀਆਂ ਹਨ। ਇਨ੍ਹਾਂ ਸੜਕਾਂ ਕਾਰਨ ਸ਼ਹਿਰ ਵਾਸੀ ਬਹੁਤ ਹੀ ਦੁੱਖੀ ਹਨ ਅਤੇ ਉਨ੍ਹਾਂ ਦੇ ਦਫ਼ਤਰ ਵਿੱਚ ਸ਼ਿਕਾਇਤਾਂ ਦਾ ਹੜ੍ਹ ਆਇਆ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹਲਕਾ ਲੁਧਿਆਣਾ (ਪੱਛਮੀ) ਦੀਆਂ ਸਾਰੀਆਂ ਸੜਕਾਂ ਦਾ ਕੁਆਲਟੀ ਚੈੱਕ ਸਰਵੇ ਕਰਵਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੜਕਾਂ ਦੀ ਮੇਨਟੇਂਸ ਸਮੇਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਜੇਕਰ ਠੇਕੇਦਾਰ ਵਧੀਆ ਕੁਆਲਟੀ ਦੀ ਸੜਕ ਮੁਹੱਈਆ ਕਰਾਉਣ ਵਿੱਚ ਅਸਫ਼ਲ ਰਹਿੰਦਾ ਹੈ ਤਾਂ ਉਸ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਖ਼ਿਲਾਫ਼ ਵੀ ਕੀਤੀ ਗਈ ਕਾਰਵਾਈ ਬਾਰੇ ਪੁੱਛਿਆ ਹੈ ਕਿਉਂਕਿ ਅਜਿਹੇ ਅਧਿਕਾਰੀਆਂ ਕਰਕੇ ਹੀ ਲੋਕਾਂ ਦੇ ਟੈਕਸਾਂ ਦੇ ਰੂਪ ਵਿੱਚ ਇਕੱਤਰ ਕੀਤੇ ਪੈਸੇ ਨੂੰ ਖੋਰਾ ਲੱਗ ਰਿਹਾ ਹੈ।
ਸ੍ਰੀਮਤੀ ਆਸ਼ੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਠੇਕੇਦਾਰ ਜਾਂ ਅਧਿਕਾਰੀ ਲੋਕਾਂ ਦੇ ਪੈਸੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੁਆਰਾ ਚੁਣੀ ਹੋਈ ਨੁਮਾਇੰਦੀ ਹੋਣ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ-ਸਮੇਂ ਸਿਰ ਉਠਾਉਂੇਦੇ ਰਹਿੰਦੇ ਹਨ। ਉਨ੍ਹਾਂ ਮੇਅਰ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਾਰੇ ਨੁਕਤਾਵਾਰ ਮੁੱਦਿਆਂ ਦੀ ਉੱਚ ਪੱਧਰੀ ਜਾਂਚ ਕਰਾਉਣ ਅਤੇ ਜਲਦ ਤੋਂ ਜਲਦ ਉਨ੍ਹਾਂ ਨੂੰ ਸੂਚਿਤ ਕਰਨ। GM

 

 

Follow me on Twitter

Contact Us